Luke 24 (IRVP)
1 ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2 ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3 ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5 ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7 ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8 ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9 ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10 ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11 ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12 ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। 13 ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ। 14 ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ। 15 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ, 16 ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ। 17 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ। 18 ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ? 19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ। 20 ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ। 21 ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ। 22 ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ, 23 ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ! 24 ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ। 25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ! 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ। 28 ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ। 29 ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ। 30 ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ। 31 ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। 32 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ? 33 ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ, 34 ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ! 35 ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। 36 ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37 ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39 ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40 ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41 ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42 ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43 ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45 ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48 ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ। 49 ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ। 50 ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ। 52 ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ। 53 ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।