Matthew 15 (IRVP)
1 ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ, 2 ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ? 3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? 4 ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 5 ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। 6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ। 7 ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ 8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। 9 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। 10 ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ। 11 ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ। 12 ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ? 13 ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ। 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ। 15 ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ। 16 ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ? 17 ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ? 18 ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ। 20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ। 21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22 ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ। 23 ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ। 24 ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 25 ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। 26 ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। 27 ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ। 28 ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। 29 ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ। 30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। 31 ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। 32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ। 33 ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? 34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। 35 ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। 36 ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 37 ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। 38 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ। 39 ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।